ਆਸਟ੍ਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਉਣ ਦਾ ਕੀਤਾ ਫ਼ੈਸਲਾ
By admin / November 6, 2024 / No Comments / Punjabi News
ਆਸਟ੍ਰੇਲੀਆ : ਸਮਾਰਟਫ਼ੋਨ ਅਤੇ ਸੋਸ਼ਲ ਮੀਡੀਆ ਦੀ ਲਤ ਬੱਚਿਆਂ ਵਿੱਚ ਇੱਕ ਆਮ ਸਮੱਸਿਆ ਬਣ ਗਈ ਹੈ। ਮੋਬਾਈਲ ਫ਼ੋਨ ਦੀ ਵੱਧਦੀ ਵਰਤੋਂ ਕਾਰਨ ਨਾ ਸਿਰਫ਼ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ, ਸਗੋਂ ਸਰੀਰਕ ਗਤੀਵਿਧੀਆਂ ਵੀ ਘਟ ਰਹੀਆਂ ਹਨ, ਜਿਸ ਨਾਲ ਉਨ੍ਹਾਂ ਦੀ ਸਿਹਤ ‘ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਆਸਟ੍ਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਅੱਜ ਦਿੱਤੀ।
ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕਿਹਾ ਕਿ ਤਕਨੀਕੀ ਕੰਪਨੀਆਂ ਬੱਚਿਆਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਵਿੱਚ ਅਸਫਲ ਰਹੀਆਂ ਹਨ, ਜਿਸ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਦਮ ਮਾਪਿਆਂ ਦੀ ਸੁਰੱਖਿਆ ਲਈ ਨਹੀਂ ਸਗੋਂ ਬੱਚਿਆਂ ਦੀ ਭਲਾਈ ਲਈ ਚੁੱਕਿਆ ਜਾ ਰਿਹਾ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਲਬਾਨੀਜ਼ ਨੇ ਸੋਸ਼ਲ ਮੀਡੀਆ ‘ਤੇ ਉਮਰ ਸੀਮਾ ਲਗਾਉਣ ਦੀ ਗੱਲ ਕੀਤੀ ਹੈ। ਇਸ ਸਾਲ ਦੀ ਸ਼ੁਰੂਆਤ ‘ਚ ਵੀ ਉਨ੍ਹਾਂ ਨੇ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਲੈ ਕੇ ਚਿੰਤਾ ਜਤਾਈ ਸੀ।
ਆਸਟ੍ਰੇਲੀਆ ਦੇ ਸੰਚਾਰ ਮੰਤਰੀ ਮਿਸ਼ੇਲ ਰੋਲੈਂਡ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਫੇਸਬੁੱਕ, ਇੰਸਟਾਗ੍ਰਾਮ, ਟਿੱਕ-ਟੌਕ ਅਤੇ ਐਕਸ (ਪਹਿਲਾਂ ਟਵਿੱਟਰ) ਵਰਗੇ ਪ੍ਰਮੁੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਅਸਰ ਪਵੇਗਾ। ਇਨ੍ਹਾਂ ਪਲੇਟਫਾਰਮਾਂ ‘ਤੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਖਾਤਿਆਂ ‘ਤੇ ਪਾਬੰਦੀ ਲਗਾਈ ਜਾਵੇਗੀ। ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਇਹ ਵੀ ਕਿਹਾ ਕਿ ਇਹ ਸੋਸ਼ਲ ਮੀਡੀਆ ਅਤੇ ਤਕਨੀਕੀ ਕੰਪਨੀਆਂ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਨ੍ਹਾਂ ਦੇ ਪਲੇਟਫਾਰਮਾਂ ‘ਤੇ ਉਪਭੋਗਤਾਵਾਂ ਲਈ ਉਮਰ ਸੀਮਾ ਦੀ ਪਾਲਣਾ ਕੀਤੀ ਜਾਵੇ। ਇਸ ਤਹਿਤ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਹੋਵੇਗੀ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦੇ ਲਈ ਮਾਪਿਆਂ ਜਾਂ ਬੱਚਿਆਂ ‘ਤੇ ਕੋਈ ਜ਼ੁਰਮਾਨਾ ਨਹੀਂ ਲੱਗੇਗਾ। ਸੋਸ਼ਲ ਮੀਡੀਆ ਕੰਪਨੀਆਂ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਇਸ ਨਿਯਮ ਦੀ ਪਾਲਣਾ ਯਕੀਨੀ ਬਣਾਉਣ।
ਇਸ ਨਵੇਂ ਫੈਸਲੇ ਨੂੰ ਲੈ ਕੇ ਕਾਫੀ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਐਂਥਨੀ ਅਲਬਾਨੀਜ਼ ਨੇ ਕਿਹਾ ਕਿ ਨਵਾਂ ਕਾਨੂੰਨ ਇਸ ਹਫਤੇ ਦੇ ਅੰਤ ਤੱਕ ਲਾਗੂ ਹੋ ਜਾਵੇਗਾ ਅਤੇ ਨਵੰਬਰ ਵਿੱਚ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਕਦਮ ਆਸਟ੍ਰੇਲੀਆ ਤੋਂ ਸ਼ੁਰੂ ਹੋ ਰਿਹਾ ਹੈ, ਪਰ ਆਉਣ ਵਾਲੇ ਸਮੇਂ ‘ਚ ਇਸ ਦਾ ਅਸਰ ਦੂਜੇ ਦੇਸ਼ਾਂ ‘ਤੇ ਵੀ ਪੈ ਸਕਦਾ ਹੈ। ਬੱਚਿਆਂ ‘ਤੇ ਸੋਸ਼ਲ ਮੀਡੀਆ ਦੇ ਵੱਧ ਰਹੇ ਨਕਾਰਾਤਮਕ ਪ੍ਰਭਾਵ ਦੇ ਮੱਦੇਨਜ਼ਰ ਇਹ ਫੈਸਲਾ ਸਵਾਗਤਯੋਗ ਮੰਨਿਆ ਜਾ ਰਿਹਾ ਹੈ।