ਜਲੰਧਰ : ਜ਼ਿਲ੍ਹਾ ਚੋਣ ਅਫ਼ਸਰ ਡਾ: ਹਿਮਾਂਸ਼ੂ ਅਗਰਵਾਲ (District Election Officer Dr. Himanshu Aggarwal) ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ 10 ਜੁਲਾਈ 2024 ਨੂੰ ਹੋਣ ਜਾ ਰਹੀ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਹਰੇਕ ਵੋਟਰ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਹਲਕੇ ਵਿੱਚ ਰਹਿ ਰਹੇ ਸਾਰੇ ਕਰਮਚਾਰੀਆਂ ਲਈ ਤਨਖਾਹ ਦੇ ਨਾਲ ਅਦਾਇਗੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਡਾ.ਅਗਰਵਾਲ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਸਮੇਤ ਰਾਜ ਸਰਕਾਰ ਦੇ ਸਾਰੇ ਕਰਮਚਾਰੀ ਜੋ ਹਲਕੇ ਦੇ ਵੋਟਰ ਹੈ ਵਿਸ਼ੇਸ਼ ਛੁੱਟੀ ਦੇ ਹੱਕਦਾਰ ਹਨ। ਇਹ ਛੁੱਟੀ ਉਹਨਾਂ ਦੀ ਸੰਚਿਤ ਛੁੱਟੀ ਵਿੱਚੋਂ ਨਹੀਂ ਕੱਟੀ ਜਾਵੇਗੀ। ਇਸੇ ਤਰ੍ਹਾਂ ਵਪਾਰ, ਉਦਯੋਗ, ਫੈਕਟਰੀਆਂ, ਦੁਕਾਨਾਂ, ਵਪਾਰਕ ਅਤੇ ਉਦਯੋਗਿਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਤਨਖਾਹ ਸਮੇਤ ਛੁੱਟੀ ਦਿੱਤੀ ਜਾਵੇਗੀ।
ਡਾ: ਅਗਰਵਾਲ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਮਾਲਕ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਛੁੱਟੀ ਦੇਣ ਤੋਂ ਇਨਕਾਰ ਕਰਦਾ ਹੈ। ਇਸ ਲਈ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਾ: ਅਗਰਵਾਲ ਨੇ ਦੱਸਿਆ ਕਿ ਵੋਟਿੰਗ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਲਕੇ ਦੇ ਸਾਰੇ ਯੋਗ ਵੋਟਰਾਂ ਨੂੰ ਆਪਣੀ ਵੋਟ ਪਾਉਣ ਦਾ ਮੌਕਾ ਮਿਲੇ।
ਇਸ ਤੋਂ ਇਲਾਵਾ 8 ਜੁਲਾਈ ਨੂੰ ਸ਼ਾਮ 6 ਵਜੇ ਤੋਂ 10 ਜੁਲਾਈ, 2024 ਨੂੰ ਵੋਟਿੰਗ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਹਲਕੇ ਅਤੇ ਇਸ ਦੇ 3 ਕਿਲੋਮੀਟਰ ਦੇ ਘੇਰੇ ਵਿੱਚ ਡਰਾਈ ਡੇਅ ਲਾਗੂ ਰਹੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਹਲਕੇ ਵਿੱਚ ਕੁੱਲ 171, 963 ਯੋਗ ਵੋਟਰ ਹਨ, ਜਿਨ੍ਹਾਂ ਵਿੱਚ 89, 629 ਪੁਰਸ਼, 82,326 ਇਸਤਰੀ ਅਤੇ ਅੱਠ ਤੀਜੇ ਲਿੰਗ ਦੇ ਵੋਟਰ ਹਨ। ਇਹ ਵੋਟਰ ਇਲਾਕੇ ਵਿੱਚ ਨਿਰਧਾਰਤ 181 ਪੋਲਿੰਗ ਬੂਥਾਂ ‘ਤੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ।