ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੁਨੀਤਾ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ
By admin / March 29, 2024 / No Comments / Punjabi News
ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ (Union Minister Hardeep Singh Puri) ਨੇ ਸ਼ੁੱਕਰਵਾਰ ਨੂੰ ਯਾਨੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਪਤਨੀ ਦੀ ਤੁਲਨਾ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨਾਲ ਕੀਤੀ ਹੈ। ਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਸ਼ਾਇਦ ਇਸ ਅਹੁਦੇ ‘ਤੇ ਆਪਣੇ ਪਤੀ ਦੀ ਥਾਂ ਲੈਣ ਦੀ ਤਿਆਰੀ ਕਰ ਰਹੀ ਹੈ।
ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਪੁਰੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਦਿੱਲੀ ਇਕਾਈ ਦੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਸੁਨੀਤਾ ਕੇਜਰੀਵਾਲ ਦਾ ਜ਼ਿਕਰ ਕੀਤੇ ਜਾਣ ‘ਤੇ ਪੱਤਰਕਾਰਾਂ ਨੂੰ ਕਿਹਾ, ”ਤੁਸੀਂ ਜਿਸ ਮੈਡਮ ਦੀ ਗੱਲ ਕਰ ਰਹੇ ਹੋ, ਉਹ ਸ਼ਾਇਦ ਬਿਹਾਰ ਵਿੱਚ ਰਾਬੜੀ ਦੇਵੀ ਦੀ ਤਰ੍ਹਾਂ ਪਦ ‘ਤੇ ਬੈਠਣ ਦੀ ਤਿਆਰੀ ਕਰ ਰਹੀ ਹੈ।
ਇਸ ਤੋਂ ਪਹਿਲਾਂ ਸੁਨੀਤਾ ਕੇਜਰੀਵਾਲ ਨੇ ਅੱਜ ਇੱਕ ਵਟਸਐਪ ਮੁਹਿੰਮ ਚਲਾਈ ਅਤੇ ਲੋਕਾਂ ਨੂੰ ਆਪਣੇ ਪਤੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਕੇਜਰੀਵਾਲ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਹਨ। ਕੇਜਰੀਵਾਲ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਬੀਤੇ ਦਿਨ ਇੱਕ ਅਦਾਲਤ ਨੇ ਉਨ੍ਹਾਂ ਦੀ ਈਡੀ ਦੀ ਹਿਰਾਸਤ 1 ਅਪ੍ਰੈਲ ਤੱਕ ਵਧਾ ਦਿੱਤੀ ਸੀ। ਸੁਨੀਤਾ ਕੇਜਰੀਵਾਲ ਨੇ ਡਿਜੀਟਲ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਉਨ੍ਹਾਂ ਦੇ ਪਤੀ ਨੇ ਦੇਸ਼ ਦੀਆਂ ‘ਸਭ ਤੋਂ ਭ੍ਰਿਸ਼ਟ ਅਤੇ ਤਾਨਾਸ਼ਾਹੀ ਤਾਕਤਾਂ’ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਆਸ਼ੀਰਵਾਦ ਅਤੇ ਪ੍ਰਾਰਥਨਾਵਾਂ ਰਾਹੀਂ ਦਿੱਲੀ ਦੇ ਮੁੱਖ ਮੰਤਰੀ ਦਾ ਸਮਰਥਨ ਕਰਨ ਲਈ ਕਿਹਾ ਹੈ।