ਗੁਰਦਾਸਪੁਰ : ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਦੇ ਹੁਕਮਾਂ ‘ਤੇ ਅੱਜ ਜ਼ਿਲ੍ਹਾ ਪੁਲਿਸ ਗੁਰਦਾਸਪੁਰ ( District Police Gurdaspur) ਵਲੋਂ ਨਾਜਾਇਜ਼ ਸ਼ਰਾਬ ਦੇ ਧੰਦੇ ਲਈ ਬਦਨਾਮ ਪਿੰਡ ਪੰਨਿਆੜ ‘ਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਦੀ ਅਗਵਾਈ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਦਾਇਮਾ ਹਰੀਸ਼ ਕੁਮਾਰ ਨੇ ਕੀਤੀ। ਇਸ ਤਲਾਸ਼ੀ ਮੁਹਿੰਮ ਵਿੱਚ ਡੀ.ਐਸ.ਪੀ. ਦੀਨਾਨਗਰ, ਥਾਣਾ ਇੰਚਾਰਜ ਦੀਨਾਨਗਰ ਅਤੇ ਕੁਝ ਹੋਰ ਥਾਣਾ ਇੰਚਾਰਜਾਂ ਅਤੇ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ।
ਜਦੋਂ ਪੁਲਿਸ ਮੁਲਾਜ਼ਮਾਂ ਵਲੋਂ ਨਸ਼ਾ ਤਸਕਰਾਂ ਦੇ ਘਰਾਂ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ ਤਾਂ ਪਿੰਡ ਦੇ ਲੋਕ ਪੁਲਿਸ ਦੀ ਮਦਦ ਲਈ ਅੱਗੇ ਆਏ ਅਤੇ ਪੁਲਿਸ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਹੁਣ ਜੇਕਰ ਕੋਈ ਪਿੰਡ ‘ਚ ਨਸ਼ੇ ਦਾ ਨਾਜਾਇਜ਼ ਕਾਰੋਬਾਰ ਕਰਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇਗੀ । ਲੋਕਾਂ ਨੇ ਦੋਸ਼ ਲਾਇਆ ਕਿ ਕੁਝ ਪੁਲਿਸ ਮੁਲਾਜ਼ਮ ਨਸ਼ਿਆਂ ਦੇ ਨਾਜਾਇਜ਼ ਕਾਰੋਬਾਰ ਬਾਰੇ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕਰਦੇ। ਇਸ ਮੌਕੇ ਜ਼ਿਲ੍ਹਾ ਪੁਲਿਸ ਕਪਤਾਨ ਦਿਆਮਾ ਹਰੀਸ਼ ਕੁਮਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਪਹਿਲਾ ਪਿੰਡ ਹੈ ਜਿੱਥੇ ਲੋਕਾਂ ਨੇ ਪੁਲਿਸ ਦੇ ਸਰਚ ਅਭਿਆਨ ਦਾ ਸਮਰਥਨ ਕੀਤਾ ਹੈ ਅਤੇ ਖੁਦ ਵੀ ਨਸ਼ਿਆਂ ਖ਼ਿਲਾਫ਼ ਅੱਗੇ ਆਏ ਹਨ ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਪੁਲਿਸ ਮੁਲਾਜ਼ਮ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵਿੱਚ ਨਸ਼ੇ ਦੇ ਸੌਦਾਗਰਾਂ ਦੀਆਂ 25 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਜੜ੍ਹੋਂ ਪੁੱਟਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।