ਜਲੰਧਰ : ਜਲੰਧਰ ਦੇ ਬੱਸ ਸਟੈਂਡ (Jalandhar bus stand) ‘ਤੇ ਦੇਰ ਰਾਤ ਖੂਨੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕਰੀਬ 5 ਹਮਲਾਵਰਾਂ ਨੇ ਪਾਨ ਦੀ ਦੁਕਾਨ ਚਲਾਉਣ ਵਾਲੇ ਦੋ ਭਰਾਵਾਂ ਸਮੇਤ ਤਿੰਨ ਲੋਕਾਂ ‘ਤੇ ਹਮਲਾ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨਸ਼ੇ ਵਿੱਚ ਸਨ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ।
ਇਸ ਸਬੰਧੀ ਜ਼ਖਮੀ ਦੁਕਾਨਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਦੇਰ ਰਾਤ ਤੱਕ ਆਪਣੀ ਦੁਕਾਨ ਵਿੱਚ ਹੀ ਸੀ। ਇਸ ਦੌਰਾਨ ਇਕ ਆਟੋ ਚਾਲਕ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਜਦੋਂ ਉਸ ਵੱਲੋਂ ਅਜਿਹਾ ਕਰਨ ਤੋਂ ਇਨਕਾਰ ਕੀਤਾ ਗਿਆ ਤਾਂ ਉਸ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਉਸ ‘ਤੇ ਜਾਨਲੇਵਾ ਹਮਲਾ ਕਰ ਦਿੱਤਾ।
ਨਾਲ ਹੀ ਛਡਾਉਣ ਆਏ ਉਸ ਦੇ ਭਰਾ ਅਤੇ ਉਸ ਦੇ ਭਰਾ ਦੇ ਲੜਕੇ ‘ਤੇ ਵੀ ਮੁਲਜ਼ਮਾਂ ਨੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਸੀ.ਸੀ.ਟੀ.ਵੀ ਆਧਾਰ ’ਤੇ ਸਾਰੇ ਮੁਲਜ਼ਮਾਂ ਦੀ ਪਛਾਣ ਕਰਕੇ ਪੁਲਿਸ ਅੱਜ ਉਨ੍ਹਾਂ ਖ਼ਿਲਾਫ਼ ਅਗਲੀ ਕਾਰਵਾਈ ਕਰੇਗੀ।