ਜਲੰਧਰ: ਸੁਪਰੀਮ ਕੋਰਟ (The Supreme Court) ਦੇ ਹੁਕਮਾਂ ‘ਤੇ ਤਿਹਾੜ ਜੇਲ੍ਹ ਤੋਂ ਰਿਹਾਅ ਹੋਏ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨਾਲ ਪੰਜਾਬ ਦੇ ਕਈ ਕੈਬਨਿਟ ਮੰਤਰੀਆਂ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਰਿਹਾਈ ਦਾ ਸਵਾਗਤ ਕੀਤਾ। ਕੇਜਰੀਵਾਲ ਨੂੰ ਮਿਲਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ‘ਆਪ’ ਦੇ ਕਈ ਵਿਧਾਇਕ ਸ਼ਾਮਲ ਸਨ।
ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾਇਆ ਸੀ ਅਤੇ ਉਹ ਚਾਹੁੰਦੇ ਸਨ ਕਿ ਲੋਕ ਸਭਾ ਚੋਣਾਂ ਕੇਜਰੀਵਾਲ ਤੋਂ ਬਿਨਾਂ ਹੀ ਕਰਵਾਈਆਂ ਜਾਣ ਪਰ ਸੁਪਰੀਮ ਕੋਰਟ ਨੇ ਉਨ੍ਹਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਇਨਸਾਫ ਦਿੱਤਾ ਹੈ ਅਤੇ ਲੋਕਤੰਤਰ ਦੀ ਜਿੱਤ ਹੋਈ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੇਜਰੀਵਾਲ ਦੀ ਜੇਲ੍ਹ ਤੋਂ ਰਿਹਾਈ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਮਨੋਬਲ ਵਧਿਆ ਹੈ ਅਤੇ ਅਸੀਂ ਮਿਲ ਕੇ ਪਾਰਟੀ ਦੀ ਜਿੱਤ ਯਕੀਨੀ ਬਣਾਵਾਂਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਜਰੀਵਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਹੋਏ ਕਿਹਾ ਕਿ ਪੂਰੇ ਦੇਸ਼ ਵਿੱਚ ਖੁਸ਼ੀ ਦਾ ਮਾਹੌਲ ਹੈ। ਕੇਜਰੀਵਾਲ ਨੇ ਪੰਜਾਬ ਤੋਂ ਆਏ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਲ੍ਹ ਵਿੱਚ ਵੀ ਉਨ੍ਹਾਂ ਨੂੰ ਸਾਰੀ ਜਾਣਕਾਰੀ ਮਿਲ ਰਹੀ ਹੈ ਕਿ ਪੰਜਾਬ ਪੂਰੀ ਤਰ੍ਹਾਂ ਉਨ੍ਹਾਂ ਦੇ ਪਰਿਵਾਰ ਨਾਲ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇੰਨਾ ਪਿਆਰ ਤੇ ਸਤਿਕਾਰ ਦਿੱਤਾ ਹੈ।