ਚੰਡੀਗੜ੍ਹ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਬੋਰਡ ਵਿਭਾਗ ਨੇ 7 ਸਰਕਾਰੀ ਸਕੂਲਾਂ ਦੇ ਨਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਛੰਨਾ ਗੁਲਾਬ ਸਿੰਘ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਂ ਬਦਲ ਕੇ ਦਰਬਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਜੁਮਲਾ ਮੱਲਕਣ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਂ ਬਦਲ ਕੇ ਲਾਭ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖ ਦਿੱਤਾ ਗਿਆ ਹੈ।
ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸਵੱਦੀ ਕਲਾਂ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦਾ ਨਾਂ ਬਦਲ ਕੇ ਬੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਤੇ ਬਠਿੰਡਾ ਦੇ ਪਿੰਡ ਝੋਰੜਾਂ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਂ ਬਦਲ ਕੇ ਸ਼ਹੀਦ ਏ.ਐਸ.ਆਈ. ਗੁਰਮੁਖ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।
ਇਸੇ ਤਰ੍ਹਾਂ ਬਠਿੰਡਾ ਜ਼ਿਲ੍ਹੇ ਦੇ ਬੁਢਲਾਡਾ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦਾ ਨਾਂ ਬਦਲ ਕੇ ਸ਼ਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਬਰ੍ਹੇ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਬਦਲ ਕੇ ਸੇਵਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ।