ਜਲੰਧਰ : ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਵਿਧਾਇਕ ਸ਼ੀਤਲ ਅੰਗੁਰਾਲ (MLA Sheetal Angural) ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ 28 ਮਾਰਚ ਨੂੰ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਅਸਤੀਫ਼ਾ ਰੱਦ ਕਰ ਦਿੱਤਾ ਹੈ।
ਵਿਧਾਇਕ ਸ਼ੀਤਲ ਅੰਗੁਰਾਲ ਨੇ ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਪਰ ਸਪੀਕਰ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ। ਜੇਕਰ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਾ ਹੋਇਆ ਤਾਂ ਉਹ ਅਦਾਲਤ ਦਾ ਰੁਖ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਦੇ ਨਾਲ-ਨਾਲ ਇਸ ਸੀਟ ‘ਤੇ ਉਪ ਚੋਣ ਨਹੀਂ ਕਰਵਾਉਣਾ ਚਾਹੁੰਦੀ, ਇਸ ਲਈ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਜਾ ਰਿਹਾ ਹੈ।