ਚੰਡੀਗੜ੍ਹ: ਕਿਸਾਨ ਅੰਦੋਲਨ ਦੌਰਾਨ ਬੀਤੇ ਦਿਨੀਂ ਖਨੌਰੀ ਬਾਰਡਰ ‘ਤੇ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ (Young Farmer Shubkaran Singh) ਦੀ ਮੌਤ ‘ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਕਤ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਕਿ ਘਟਨਾ ਕਿੱਥੇ ਹੋਈ ਹੈ ਅਤੇ ਇਸ ਦੇ ਲਈ ਕੌਣ-ਕੌਣ ਜ਼ਿੰਮੇਵਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਕਾਨੂੰਨੀ ਮਾਹਿਰਾਂ ਤੋਂ ਸਲਾਹ ਲੈਣ ਉਪਰੰਤ ਐੱਫ਼.ਆਈ.ਆਰ. ਦਰਜ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪਹਿਲਾਂ ਹੀ ਕੀਤਾ ਗਿਆ ਹੈ ਅਤੇ ਉਸ ਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਵਿਚ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।

ਇਥੇ ਦੱਸਣਯੋਗ ਹੈ ਕਿ ਅੱਜ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਉਸ ਦੇ ਬਠਿੰਡਾ ਸਥਿਤ ਜੱਦੀ ਪਿੰਡ ਬੁੱਲੋ ਵਿਚ ਕੀਤਾ ਗਿਆ। ਅੰਤਿਮ ਸੰਸਕਾਰ ਤੋਂ ਪਹਿਲਾਂ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਖਨੌਰੀ ਬਾਰਡਰ ‘ਤੇ ਅੰਤਿਮ ਦਰਸ਼ਨਾਂ ਲਈ ਲਿਜਾਇਆ ਗਿਆ ਸੀ। ਖਨੌਰੀ ਬਾਰਡਰ ‘ਤੇ ਕਿਸਾਨਾਂ ਨੇ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ‘ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਕਿਸਾਨੀ ਨਾਅਰੇ ਲਗਾਏ।

ਪਾਤੜਾਂ ‘ਚ ਧਾਰਾ-302 ਤੇ 114 ਕੀਤੀ ਗਈ ਹੈ ਦਰਜ
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪਟਿਆਲਾ ਪੁਲਿਸ ਨੇ ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ 21 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ‘ਚ ਪਾਤੜਾਂ ‘ਚ ਧਾਰਾ-302 ਅਤੇ 114 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਜ਼ੀਰੋ ਐੱਫ਼. ਆਈ. ਆਰ. ਦਰਜ ਕਰ ਲਈ ਹੈ। ਇਸ ਕੇਸ ਦੀ ਅਗਲੇਰੀ ਤਫ਼ਤੀਸ਼ ਕਾਨੂੰਨ ਮੁਤਾਬਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਪਰਿਵਾਰ ਵੱਲੋਂ ਸ਼ੁਭਕਰਨ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਦੌਰਾਨ ਗੋਲ਼ੀ ਲੱਗਣ ਕਰਕੇ ਸ਼ਹੀਦ ਹੋਏ 21 ਸਾਲਾ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿਚ ਪਾਤੜਾਂ ਥਾਣਾ ਪੁਲਿਸ ’ਚ ਜ਼ੀਰੋ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਸ ਥਾਣੇ ਅਧੀਨ ਆਉਂਦੀ ਚੌਂਕੀ ਠਰੁਆ ਦੇ ਅਧਿਕਾਰ ਖੇਤਰ ਵਿਚ ਆਉਂਦੇ ਖਨੌਰੀ ਬਾਰਡਰ ਵਿਖੇ ਇਹ ਹਾਦਸਾ ਵਿਖਾਇਆ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਅਣਜਾਣ ਵਿਅਕਤੀਆਂ ਅਤੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 302 ਅਤੇ 114 ਤਹਿਤ ਪਰਚਾ ਦਰਜ ਕਰ ਲਿਆ ਹੈ।

Leave a Reply