ਪੰਜਾਬ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer leader Jagjit Singh Dallewal) ਦਾ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਹੈ। ਹਾਈਕੋਰਟ ਦੇ ਫ਼ੈਸਲੇ ਦੀ ਤਾਰੀਫ ਕਰਦਿਆਂ ਉਨ੍ਹਾਂ ਕਿਹਾ ਕਿ ਬੈਰੀਕੇਡ ਖੁੱਲ੍ਹਣ ‘ਤੇ ਉਹ ਦਿੱਲੀ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਉਹ ਦਿੱਲੀ ਜਾਣ ਲਈ ਘਰੋਂ ਨਿਕਲੇ ਸਨ ਅਤੇ ਇਸ ਬਹਾਨੇ ਉਹ ਦਿੱਲੀ ਚਲੇ ਜਾਣਗੇੇ।
ਉਨ੍ਹਾਂ ਹਰਿਆਣਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਬੈਰੀਕੇਡ ਹਟਾ ਦਿੱਤੇ ਜਾਣ ਤਾਂ ਇਸ ਤੋਂ ਵਧੀਆ ਹੋਰ ਕੁਝ ਨਹੀਂ ਹੋ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਹਾਈਕੋਰਟ ਦੇ ਇਸ ਫ਼ੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਕਿਸਾਨਾਂ ਦਾ ਕੋਈ ਕਸੂਰ ਨਹੀਂ ਹੈ, ਬੇਕਸੂਰ ਕਿਸਾਨਾਂ ‘ਤੇ ਹਰਿਆਣਾ ਸਰਕਾਰ ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ‘ਚ ਨੌਜਵਾਨ ਸ਼ੁਭਕਰਨ ਸ਼ਹੀਦ ਹੋ ਗਏ ਸੀ ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਦੇ ਬੰਦ ਪਏ ਰਸਤੇ ਨੂੰ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਹਨ।ਹਾਈਕੋਰਟ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਇੱਕ ਹਫ਼ਤੇ ਦੇ ਅੰਦਰ ਅੰਦਰ ਬੈਰੀਕੇਡ ਹਟਾ ਕੇ ਸੜਕ ਸਾਫ਼ ਕਰਵਾਵੇ। ਹਾਈ ਕੋਰਟ ਨੇ ਕਿਹਾ ਕਿ ਸਰਹੱਦ ‘ਤੇ ਸਥਿਤੀ ਠੀਕ ਹੈ ਅਤੇ ਕਿਸਾਨਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ, ਇਸ ਲਈ ਉਨ੍ਹਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦਿੱਤੀ ਜਾਵੇ।