ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਲੈ ਕੇ ਪੰਜਾਬ ਪੁਲਿਸ ਨੇ ਨੋਜ਼ਵਾਨਾਂ ਨੂੰ ਕੀਤੀ ਸਖ਼ਤ ਤਾੜਨਾ
By admin / September 12, 2024 / No Comments / Punjabi News
ਬਰਨਾਲਾ : ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਭੜਕਾਊ ਗੀਤ ਪੋਸਟ ਕਰਨ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਵਾਲਿਆਂ ਖ਼ਿਲਾਫ਼ ਬਰਨਾਲਾ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਹ ਕਾਰਵਾਈ ਬਰਨਾਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੀਤੀ ਜਾ ਰਹੀ ਹੈ। ਬਰਨਾਲਾ ਪੁਲਿਸ ਨੇ ਲੋਕਾਂ ਨੂੰ ਜਾਗਰੁਕ ਕਰਨ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਇਹ ਮੁਹਿੰਮ ਚਲਾਈ ਹੈ।
ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ 24 ਘੰਟੇ ਨਿਗਰਾਨੀ ਲਈ ਵਿਸ਼ੇਸ਼ ਟੀਮ ਤਾਇਨਾਤ ਕੀਤੀ ਗਈ ਹੈ, ਜੋ ਕਿ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ ਅਤੇ ਯੂਟਿਊਬ ਆਦਿ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ | ਟੀਮ ਦਾ ਮੁੱਖ ਉਦੇਸ਼ ਉਨ੍ਹਾਂ ਲੋਕਾਂ ਦੀ ਪਛਾਣ ਕਰਨਾ ਹੈ ਜੋ ਭੜਕਾਊ ਗੀਤਾਂ ਰਾਹੀਂ ਲੋਕਾਂ ਨੂੰ ਭੜਕਾਉਂਦੇ ਹਨ ਜਾਂ ਆਪਣੇ ਸੋਸ਼ਲ ਮੀਡੀਆ ਖਾਤਿਆਂ ‘ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਦੇ ਹਨ।
ਜ਼ਿਲ੍ਹਾ ਪੁਲਿਸ ਮੁਖੀ ਨੇ ਅਜਿਹੀਆਂ ਗਤੀਵਿਧੀਆਂ ਨੂੰ ਸਮਾਜਿਕ ਕਾਨੂੰਨ ਅਤੇ ਅਮਨ ਸ਼ਾਂਤੀ ਲਈ ਵੱਡਾ ਖ਼ਤਰਾ ਦੱਸਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਅਜਿਹੇ ਲੋਕਾਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਕਾਰਵਾਈ ਵਿੱਚ ਅਜਿਹੇ ਵਿਅਕਤੀ ਦੀ ਸ਼ਨਾਖਤ ਕੀਤੀ ਗਈ ਹੈ ਜੋ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਸੀ। ਬਰਨਾਲਾ ਪੁਲਿਸ ਨੇ ਉਸ ਖ਼ਿਲਾਫ਼ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਖੀ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਜੀਵਨ ਦੇ ਉਦੇਸ਼ ਨੂੰ ਸਮਝਣ ਦੀ ਲੋੜ ਹੈ ਅਤੇ ਅਜਿਹੇ ਕੰਮਾਂ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ ਜਿਸ ਨਾਲ ਸਮਾਜਿਕ ਤਾਣੇ-ਬਾਣੇ ਨੂੰ ਵਿਗਾੜਿਆ ਜਾ ਸਕੇ।
ਸੰਦੀਪ ਮਲਿਕ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਸੋਸ਼ਲ ਮੀਡੀਆ ‘ਤੇ ਕਿਸੇ ਵੀ ਵਿਅਕਤੀ ਦੀ ਅਜਿਹੀ ਕੋਈ ਗਤੀਵਿਧੀ ਦੇਖਦੇ ਹਨ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਇਹ ਜਾਣਕਾਰੀ ਗੁਪਤ ਰੱਖੀ ਜਾਵੇਗੀ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਜਾਵੇਗਾ। ਬਰਨਾਲਾ ਦੇ ਥਾਣਾ ਮੁਖੀ ਨੇ ਕਿਹਾ ਕਿ ਇਸ ਲਈ ਕਾਨੂੰਨੀ ਕਾਰਵਾਈ ਹੀ ਨਹੀਂ ਸਗੋਂ ਨੌਜਵਾਨਾਂ ਨੂੰ ਸਮਾਜਿਕ ਜ਼ਿੰਮੇਵਾਰੀ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਨਾ ਵੀ ਜ਼ਰੂਰੀ ਹੈ। ਨੌਜਵਾਨਾਂ ਨੂੰ ਆਪਣੀ ਜ਼ਿੰਮੇਵਾਰੀ ਬਾਰੇ ਸੋਚਣਾ ਚਾਹੀਦਾ ਹੈ ਅਤੇ ਸਮਾਜ ਵਿੱਚ ਸ਼ਾਂਤੀ ਬਣਾਈ ਰੱਖਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।