ਸੰਯੁਕਤ ਕਿਸਾਨ ਮੋਰਚਾ ਵੱਲੋਂ ਵੱਡਾ ਐਲਾਨ, ਪੰਜਾਬ ਦੇ ਟੋਲ ਪਲਾਜ਼ੇ ਫਰੀ
By admin / February 14, 2024 / No Comments / Punjabi News
ਚੰਡੀਗੜ੍ਹ: ਕਿਸਾਨਾਂ ਦੇ ‘ਦਿੱਲੀ ਚੱਲੋ’ (‘Delhi Chalo’) ਅੰਦੋਲਨ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਹੰਗਾਮੀ ਮੀਟਿੰਗ ਕੀਤੀ ਗਈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ (United Kisan Morcha) ਨੇ ਵੱਡਾ ਐਲਾਨ ਕਰਦਿਆਂ ਪੰਜਾਬ ਟੋਲ ਪਲਾਜ਼ੇ ਫਰੀ ਕਰ ਦਿੱਤੇ ਹਨ। ਪੰਜਾਬ ਵਿਚ ਕੱਲ੍ਹ ਟੋਲ ਪਲਾਜ਼ੇ ਫਰੀ ਰਹਿਣਗੇ। ਇਹ ਮੀਟਿੰਗ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਚ ਕੀਤੀ ਗਈ, ਜਿਸ ਵਿਚ ਰੁਲਦੂ ਸਿੰਘ ਮਾਨਸਾ, ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਵੱਡੇ ਕਿਸਾਨੀ ਆਗੂ ਸ਼ਾਮਲ ਹੋਏ ਹਨ। ਮੀਟਿੰਗ ਦੌਰਾਨ ਵੱਡੇ ਫ਼ੈਸਲੇ ਲਏ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ 16 ਤਾਰੀਖ਼ ਨੂੰ ਭਾਰਤ ਬੰਦ ਦਾ ਫ਼ੈਸਲਾ ਸਾਡਾ ਰਹੇਗਾ। 16 ਤਾਰੀਖ਼ ਨੂੰ ਭਾਰਤ ਬੰਦ ਰਹੇਗਾ। ਜੇਕਰ ਸਰਕਾਰਾਂ ਦਾ ਵਤੀਰਾ ਨਾ ਬਦਲਿਆ ਤਾਂ 18 ਤਾਰੀਖ਼ ਨੂੰ ਮੁੜ ਤੋਂ ਮੀਟਿੰਗ ਕਰਕੇ ਵੱਡੇ ਐਲਾਨ ਕੀਤੇ ਜਾਣਗੇ।
ਬੇਸਿੱਟਾ ਰਹਿ ਚੁੱਕੀ ਹੈ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ ਮੀਟਿੰਗ
ਜ਼ਿਕਰਯੋਗ ਹੈ ਕਿ ਕੇਂਦਰੀ ਕੈਬਨਿਟ ਵਜ਼ੀਰਾਂ ਦੀ ਟੀਮ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਸੋਮਵਾਰ ਨੂੰ ਦੂਜੇ ਗੇੜ ਦੀ ਕਰੀਬ ਸਾਢੇ ਪੰਜ ਘੰਟੇ ਚੱਲੀ ਮੀਟਿੰਗ ’ਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਅਤੇ ਕਰਜ਼ਾ ਮੁਆਫ਼ੀ ਦੇ ਮੁੱਦੇ ’ਤੇ ਸਹਿਮਤੀ ਨਹੀਂ ਬਣ ਸਕੀ ਸੀ। ਦੂਜੇ ਗੇੜ ਦੀ ਮੀਟਿੰਗ ਵਿਚ ਮਾਹੌਲ ਤਲਖ਼ਮਈ ਰਿਹਾ ਅਤੇ ਆਖਰ ਗੱਲ ਟੁੱਟ ਗਈ। ਕੇਂਦਰੀ ਨੇਤਾਵਾਂ ਵੱਲੋਂ ਕੋਈ ਹੁੰਗਾਰਾ ਨਾ ਭਰੇ ਜਾਣ ਤੋਂ ਰੋਹ ਵਿਚ ਆਏ ਕਿਸਾਨ ਨੇਤਾਵਾਂ ਨੇ ਕਰੀਬ 11.35 ਵਜੇ ਮੀਟਿੰਗ ’ਚੋਂ ਬਾਹਰ ਆ ਕੇ ਐਲਾਨ ਕੀਤਾ ਕਿ ਉਹ ਮੰਗਲਵਾਰ ‘ਦਿੱਲੀ ਕੂਚ’ ਕਰਨਗੇ। ਇਸ ਦੇ ਬਾਅਦ ਬੀਤੇ ਦਿਨ ਕਿਸਾਨਾਂ ਨੇ ਸਵੇਰੇ ਦਿੱਲੀ ਵੱਲ ਕੂਚ ਕਰ ਦਿੱਤਾ।
ਸੂਤਰਾਂ ਅਨੁਸਾਰ ਕੇਂਦਰੀ ਵਜ਼ੀਰਾਂ ਨੇ ਅਖੀਰ ਵਿਚ ਕਿਸਾਨਾਂ ਨੂੰ ਇਹ ਪੇਸ਼ਕਸ਼ ਵੀ ਕੀਤੀ ਸੀ ਕਿ ਉਹ ਕੇਂਦਰੀ ਖੇਤੀ ਮੰਤਰੀ ਦੀ ਅਗਵਾਈ ਹੇਠ ਇਨ੍ਹਾਂ ਮੰਗਾਂ ਨੂੰ ਵਿਚਾਰਨ ਲਈ ਇਕ ਕਮੇਟੀ ਦਾ ਗਠਨ ਕਰਨਗੇ, ਜਿਨ੍ਹਾਂ ਵਿਚ ਸੂਬਿਆਂ ਦੇ ਖੇਤੀ ਮੰਤਰੀਆਂ ਤੋਂ ਇਲਾਵਾ ਕਿਸਾਨ ਆਗੂਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ ਪਰ ਕਿਸਾਨ ਆਗੂਆਂ ਨੇ ਇਹ ਪੇਸ਼ਕਸ਼ ਸਿਰੇ ਤੋਂ ਨਕਾਰ ਦਿੱਤੀ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਮੀਟਿੰਗ ਮਗਰੋਂ ਕਿਹਾ ਸੀ ਕਿ ਕਿਸਾਨ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ ਸਨ ਅਤੇ ਗੱਲਬਾਤ ਦੇ ਜ਼ਰੀਏ ਮਾਮਲਾ ਸਿਰੇ ਲਾਉਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਅਹਿਮ ਮੰਗਾਂ ਮੰਨਣ ਦੇ ਰੌਂਅ ਵਿਚ ਨਹੀਂ ਹੈ। ਸਰਕਾਰ ਦੇ ਮਨ ਵਿਚ ਖੋਟ ਹੈ ਅਤੇ ਸਰਕਾਰ ਸਮਾਂ ਲੰਘਾਉਣਾ ਚਾਹੁੰਦੀ ਹੈ।