ਸ੍ਰੀ ਅਨੰਦਪੁਰ ਸਾਹਿਬ : ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ (Sri Anandpur Sahib) ਵਿਖੇ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲੇ ਮੁਹੱਲੇ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਹੰਗਾਮੇ ਨੂੰ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ (Giani Sultan Singh) ਨੇ  ਗੰਭੀਰਤਾ ਨਾਲ ਲਿਆ ਹੈ।

ਸਿੰਘ ਸਾਹਿਬ ਜੀ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਆਪਣੇ ਪਿਆਰੇ ਖਾਲਸਾ ਪੰਥ ਨੂੰ ਬਖਸ਼ਿਸ਼ ਕੀਤੇ ਕੌਮੀ ਤਿਉਹਾਰ ਹੋਲਾ ਮੁਹੱਲਾ ਨੂੰ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮੁੱਚੇ ਖਾਲਸਾ ਪੰਥ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਲੱਖਾਂ ਸੰਗਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਗੁਰੂ ਘਰਾਂ ਵਿੱਚ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਵੱਲੋਂ ਸੰਗਤਾਂ ਲਈ ਪ੍ਰਬੰਧ ਬਹੁਤ ਹੀ ਸੁਚਾਰੂ ਢੰਗ ਨਾਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮੇਲੇ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ਼ਰਧਾਲੂਆਂ ਖਾਸਕਰ ਔਰਤਾਂ ਨਾਲ ਛੇੜਛਾੜ ਕੀਤੀ ਗਈ, ਜੋ ਕਿ ਬਰਦਾਸ਼ਤ ਨਹੀਂ ਹੈ। ਸਿੰਘ ਸਾਹਿਬ ਨੇ ਪ੍ਰਸ਼ਾਸਨ ਨੂੰ ਇਨ੍ਹਾਂ ਸ਼ਰਾਰਤੀ ਅਨਸਰਾਂ ‘ਤੇ ਸ਼ਿਕੰਜਾ ਕੱਸਣ ਦੀ ਵੀ ਅਪੀਲ ਕੀਤੀ।

ਹੋਲੇ ਮੁਹੱਲੇ ਤੋਂ ਬਾਅਦ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਗੁਰਪ੍ਰੀਤ ਸਿੰਘ ਰੋਡ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਹਰਦੇਵ ਸਿੰਘ ਵਧੀਕ ਮੈਨੇਜਰ, ਬਾਬਾ ਜਰਨੈਲ ਸਿੰਘ ਜੀ ਕਾਰ ਸੇਵਾ ਵਾਲੇ, ਸੁਖਬੀਰ ਸਿੰਘ ਕਲਵਾਂ ਆਦਿ ਹਾਜ਼ਰ ਸਨ।

Leave a Reply